JALANDHAR WEATHER

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦਾ ਵੱਡਾ ਯੋਗਦਾਨ- ਮੁੱਖ ਮੰਤਰੀ

ਮੋਗਾ, 28 ਜਨਵਰੀ (ਹਰਪਾਲ ਸਿੰਘ)- ਮੋਗਾ ਜ਼ਿਲ੍ਹੇ ਦੇ ਪਿੰਡ ਧੂੜੀ ’ਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ 161ਵੇਂ ਜਨਮ ਦਿਵਸ ਮੌਕੇ ਮੇਲਾ ਕਮੇਟੀ ਵਲੋਂ ਵੱਡੇ ਪੱਧਰ ‘ਤੇ ਖੁੱਲ੍ਹਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਖੇਡ ਮੇਲੇ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਾਸ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਬੱਡੀ ਦੇ ਖਿਡਾਰੀਆਂ ਨਾਲ ਮਿਲ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਤੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਪੰਜਾਬ ਭਰ ’ਚ ਖੇਡ ਮੈਦਾਨਾਂ ਦੀ ਤਿਆਰੀ, ਸਟੇਡੀਅਮਾਂ ਦੇ ਨਵੀਨੀਕਰਨ ਅਤੇ ਖਿਡਾਰੀਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸੀ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਿੰਡਾਂ ਦੇ ਵਿਕਾਸ ‘ਤੇ ਖ਼ਾਸ ਧਿਆਨ ਦੇ ਰਹੀ ਹੈ। ਸੜਕਾਂ, ਸਕੂਲਾਂ, ਹਸਪਤਾਲਾਂ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ ਤਾਂ ਜੋ ਹਰ ਪਿੰਡ ਖੁਸ਼ਹਾਲੀ ਵੱਲ ਅੱਗੇ ਵਧੇ। ਉਨ੍ਹਾਂ ਲਾਲਾ ਲਾਜਪਤ ਰਾਏ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਾਡੇ ਲਈ ਦੇਸ਼ਭਗਤੀ ਅਤੇ ਕੁਰਬਾਨੀ ਦੀ ਪ੍ਰੇਰਣਾ ਹਨ। ਇਸ ਮੌਕੇ ਮੇਲਾ ਕਮੇਟੀ ਵਲੋਂ ਮੁੱਖ ਮੰਤਰੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਪਿੰਡ ਵਾਸੀਆਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਖਿਡਾਰੀਆਂ ਨੇ ਵੀ ਮੁੱਖ ਮੰਤਰੀ ਦੀ ਮੌਜੂਦਗੀ ਨੂੰ ਆਪਣੇ ਲਈ ਮਾਣ ਦੀ ਗੱਲ ਦੱਸਦਿਆਂ ਕਿਹਾ ਕਿ ਸਰਕਾਰ ਵਲੋਂ ਮਿਲ ਰਹੀ ਸਹਾਇਤਾ ਨਾਲ ਪੰਜਾਬ ਦਾ ਨਾਂ ਖੇਡਾਂ ’ਚ ਰੋਸ਼ਨ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ