ਸ਼੍ਰੋਮਣੀ ਕਮੇਟੀ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ
ਅੰਮ੍ਰਿਤਸਰ, 10 ਅਪ੍ਰੈਲ (ਜਸਵੰਤ ਸਿੰਘ ਜੱਸ)- ਖਾਲਸਾ ਸਾਜਨਾ ਦਿਵਸ ਵਿਸਾਖੀ ਪੁਰਬ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਅੱਜ ਕਰੀਬ 1763 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ, ਜਥੇ ਨੂੰ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵਲੋਂ ਜਥੇ ਦੇ ਮੁਖੀ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਜੱਸਲ ਤੇ ਹੋਰਨਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸ. ਮੰਨਣ ਅਤੇ ਸ. ਕਾਹਲਵਾਂ ਨੇ ਦੱਸਿਆ ਕਿ ਇਹ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ ਅਤੇ ਇਸ ਉਪਰੰਤ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਮਨਾਉਣ ਉਪਰੰਤ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ, ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ, ਗੁਰਦੁਆਰਾ ਚੂਨਾ ਮੰਡੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਸਿੰਘਣੀਆਂ ਨੌ ਲੱਖਾ ਬਾਜ਼ਾਰ ਸਮੇਤ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਜਥੇ ਦੀ ਰਵਾਨਗੀ ਮੌਕੇ ਵਧੀਕ ਸਕੱਤਰ ਬਿਜੇ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਬਲਵਿੰਦਰ ਸਿੰਘ ਖੈਰਾਬਾਦ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਕਰਮਚਾਰੀ ਤੇ ਜਥੇ ਨਾਲ ਜਾਣ ਵਾਲੇ ਸ਼ਰਧਾਲੂ ਹਾਜ਼ਰ ਸਨ।
;
;
;
;
;
;
;
;