JALANDHAR WEATHER

ਕੋਟਭਾਈ ਵਿਚ ਕਿੰਨਰ ਸਰਬਜੀਤ ਕੌਰ ਦਾ ਬੇ-ਰਹਿਮੀ ਨਾਲ ਕਤਲ

ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 16 ਅਪ੍ਰੈਲ (ਬੂਟਾ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕਿੰਨਰ ਭਾਈਚਾਰੇ ਨਾਲ ਸੰਬੰਧਿਤ 36 ਸਾਲਾ ਸਰਬਜੀਤ ਕੌਰ ਦਾ ਬੇ-ਰਹਿਮੀ ਨਾਲ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਦੇ ਨਾਲ ਹੀ ਫੋਰੈਂਸਿਕ ਮਾਹਰਾਂ ਦੀਆਂ ਟੀਮਾਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ, ਜਿਨ੍ਹਾਂ ਵਲੋਂ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰਕੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਕੌਰ ਪਿੰਡ ਕੋਟਭਾਈ ਵਿਚ ਇਕੱਲੀ ਰਹਿੰਦੀ ਸੀ ਅਤੇ ਅਣ-ਪਛਾਤੇ ਵਿਅਕਤੀਆਂ ਵਲੋਂ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੇ ਹਰ ਪੱਖ ਨੂੰ ਧਿਆਨ ਵਿਚ ਰੱਖਦਿਆਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀ.ਐਸ.ਪੀ. ਅਰੁਣ ਮੰਡਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੇ ਉੱਪਰ ਦੋ ਵਾਰ ਕੀਤੇ ਗਏ ਹਨ, ਜੋ ਤੇਜ਼ਧਾਰ ਹਥਿਆਰ ਨਾਲ ਕੀਤੇ ਹੋਏ ਲੱਗਦੇ ਹਨ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਅਤੇ ਹਮਲੇ ਦੇ ਤਰੀਕੇ ਬਾਰੇ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਮਾਮਲੇ ਦਾ ਖੁਲਾਸਾ ਕਰਕੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ