ਕਣਕ ਦੀ ਖ਼ਰੀਦ ਸਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ - ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਪੰਜਾਬ ਦੇ ਖ਼ੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸ਼ਾਮ ਸ੍ਰੀ ਮੁਕਤਸਰ ਸਾਹਿਬ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਨਾਜ ਮੰਡੀਆਂ ਵਿਚ ਪੰਜਾਬ ਸਰਕਾਰ ਵਲੋਂ ਖ਼ਰੀਦ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸੰਬੰਧੀ ਪੂਰੀ ਤਰ੍ਹਾਂ ਫਿਕਰਮੰਦ ਹਨ ਅਤੇ ਪੰਜਾਬ ਸਰਕਾਰ ਵਲੋਂ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪਿਛਲੇ ਦਿਨੀ ਹੋਈ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਅਤੇ ਕਣਕ ਤੇ ਦਾਣਿਆਂ ਤੇ ਪਏ ਅਸਰ ਸੰਬੰਧੀ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਤੋਂ ਖ਼ਰੀਦ ਮਾਪਦੰਡਾਂ ਵਿਚ ਢਿੱਲ ਦੇਣ ਸੰਬੰਧੀ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਚ ਕਣਕ ਦੇ ਖ਼ਰੀਦ ਮਾਪਦੰਡਾਂ ਵਿਚ ਢਿੱਲ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸ. ਖੁੱਡੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਸਿਵੀਆਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਪਤਨੀ ਹਰਜੀਤ ਕੌਰ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਡਾ: ਚਰਨਜੀਤ ਸਿੰਘ ਔਲਖ, ਕ੍ਰਿਸ਼ਨਜੀਤ ਸਿੰਘ, ਡਾ: ਕੰਵਰਜੀਤ ਸਿੰਘ ਆਦਿ ਹਾਜ਼ਰ ਸਨ।
;
;
;
;
;
;
;
;