ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਕਦਮ - ਡਾ. ਬਲਜੀਤ ਕੌਰ
ਮਲੋਟ (ਸ੍ਰੀ ਮੁਕਸਤਰ ਸਾਹਿਬ), 19 ਅਪ੍ਰੈਲ (ਪਾਟਿਲ) - ਪੰਜਾਬ ਵਿਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਲਿਆਂਦਾ ਗਿਆ ਬਿੱਲ ਹੁਣ ਕਾਨੂੰਨ ਬਣ ਗਿਆ ਹੈ। ਮਾਨਯੋਗ ਰਾਜਪਾਲ ਵਲੋਂ ਇਸ ਬਿੱਲ ਨੂੰ ਮਨਜ਼ੂਰੀ ਦੇਣ ਨਾਲ ਇਹ ਫ਼ੈਸਲਾ ਲਾਗੂ ਹੋ ਗਿਆ ਹੈ, ਜਿਸ ਨਾਲ ਧਾਰਮਿਕ ਆਸਥਾ ਅਤੇ ਮਰਿਆਦਾ ਦੀ ਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਇਹ ਬਿੱਲ ਹੁਣ ਕਾਨੂੰਨੀ ਰੂਪ ਧਾਰ ਚੁੱਕਾ ਹੈ। ਇਸ ਕਾਨੂੰਨ ਦੇ ਤਹਿਤ ਬੇਅਦਬੀ ਦੇ ਮਾਮਲਿਆਂ ’ਤੇ ਹੋਰ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕੜੀਆਂ ਸਜ਼ਾਵਾਂ ਦਿੱਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਉਨ੍ਹਾਂ ਤਾਕਤਾਂ ਲਈ ਸਖ਼ਤ ਜਵਾਬ ਹੈ, ਜੋ ਧਰਮ ਦੇ ਨਾਂ ’ਤੇ ਲੋਕਾਂ ਵਿਚ ਫੁਟ ਪਾਉਣ ਦੀ ਕੋਸ਼ਿਸ਼ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜਿਹੜੀਆਂ ਪਾਰਟੀਆਂ ਆਪਣੇ ਆਪ ਨੂੰ ਪੰਥਕ ਕਹਿੰਦੀਆਂ ਰਹੀਆਂ, ਉਹ ਇਸ ਮੁੱਦੇ ਦਾ ਹੱਲ ਨਹੀਂ ਕਰ ਸਕੀਆਂ।
ਉਨ੍ਹਾਂ ਨੇ ਹੋਰ ਕਿਹਾ ਕਿ ਹੁਣ ਕਿਸੇ ਨੂੰ ਵੀ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਹੋਵੇਗੀ ਅਤੇ ਇਹ ਕਾਨੂੰਨ ਸਮਾਜ ਵਿਚ ਆਪਸੀ ਸਾਂਝ ਤੇ ਸਦਭਾਵਨਾ ਨੂੰ ਮਜ਼ਬੂਤ ਕਰੇਗਾ। ਉਨ੍ਹਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਵਿਚ ਸ਼ਾਂਤੀ ਅਤੇ ਏਕਤਾ ਦਾ ਵੱਡਾ ਸੁਨੇਹਾ ਦੇਵੇਗਾ।
;
;
;
;
;
;
;
;