ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ 'ਤੇ ਜਥੇਦਾਰ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ
ਅੰਮ੍ਰਿਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਸ਼੍ਰੋਮਣੀ ਕਮੇਟੀ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸੰਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸੰਬੰਧਤ ਮਾਮਲੇ ਵਿਚਾਰੇ ਗਏ। ਪ੍ਰਧਾਨ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਅੱਜ ਅੰਤ੍ਰਿੰਗ ਕਮੇਟੀ ਨੇ ਵਿਚਾਰ ਮਗਰੋਂ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ 'ਤੇ ਪਹਿਰਾ ਦੇਵੇਗੀ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸੰਬੰਧੀ ਵੀ ਚਿੰਤਾ ਪ੍ਰਗਟਾਈ ਹੈ ਤੇ ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਏ ਜਾਣ ਸੰਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਸਬਕਮੇਟੀ ਦਾ ਗਠਨ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ 29 ਅਪ੍ਰੈਲ ਤੋਂ 1 ਮਈ ਤੱਕ ਮਨਾਈ ਜਾ ਰਹੀ ਸ਼ਤਾਬਦੀ ਦੇ ਪ੍ਰੋਗਰਾਮਾਂ ਸੰਬੰਧੀ ਵਿਚਾਰਾਂ ਹੋਈਆਂ।
;
;
;
;
;
;
;
;