ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ
ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)–ਸ਼੍ਰੋਮਣੀ ਕਮੇਟੀ ਵਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ ਦੀਆਂ ਫੀਸਾਂ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਹ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 151 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2025-26 ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ/ਕਾਲਜਾਂ ਨੂੰ ਸੌਂਪੀ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਦੇ ਰੂਪ ਵਿਚ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਇਹ ਫੀਸਾਂ ਭੇਜੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ। ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਇਸ ਮੌਕੇ ਉਨ੍ਹਾਂ ਨਾਲ ਇੰਚਾਰਜ ਬਲਦੇਵ ਸਿੰਘ, ਗੁਰਮਤਿ ਵਿਦਿਆਲਾ ਛੱਤੀਸਗੜ੍ਹ ਦੇ ਇੰਚਾਰਜ ਅਜੀਤ ਸਿੰਘ, ਇੰਸਪੈਕਟਰ ਚੰਚਲਦੀਪ ਸਿੰਘ ਵੀ ਮੌਜੂਦ ਸਨ।
;
;
;
;
;
;
;
;